ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦਾ ਐਕਸ਼ਨ, ਰਿਸ਼ਵਤ ਲੈਂਦਿਆਂ ਏ.ਐਸ.ਆਈ. ਨੂੰ ਰੰਗੇ ਹੱਥੀ ਕੀਤਾ ਕਾਬੂ

0
14

ਰਿਸ਼ਵਤਖੋਰੀ ‘ਤੇ ਨੱਥ ਪਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਲਗਾਤਾਰ ਵੱਡੀਆਂ ਕਾਰਵਾਈਆਂ ਕੀਤੀ ਜਾ ਰਹੀਆਂ ਹਨ। ਇਸ ਦੌਰਾਨ ਵਿਜੀਲੈਂਸ ਨੇ ਅੱਜ ਲੁਧਿਆਣਾ ਵਿਖੇ ਏ.ਐਸ.ਆਈ. ਅਰੁਣ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਏ.ਐਸ.ਆਈ. ਨੂੰ ਇੱਕ ਵਿਅਕਤੀ ਤੋਂ 6,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਮਜ਼ਦੂਰ (ਪੱਲੇਦਾਰ) ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ, ਲੁਧਿਆਣਾ ਦੀ ਸ਼ਿਕਾਇਤ ‘ਤੇ ਕਚਹਿਰੀ ਕੰਪਲੈਕਸ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ.ਐਸ.ਆਈ. ਉਸ (ਸ਼ਿਕਾਇਤਕਰਤਾ) ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 365,323/34 ਤਹਿਤ ਦਰਜ ਐਫ.ਆਈ.ਆਰ. ਨੰ. 163/2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 25,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ.ਐਸ.ਆਈ. ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿੱਚ 09/02/2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10,000 ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ ‘ਤੇ ਉਹ 8000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ.ਐਸ.ਆਈ. 20 ਜੂਨ, 2023 ਨੂੰ 2000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ, ਲੁਧਿਆਣਾ ਨੇੜਿਓਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  Leave feedback about this

  • Quality
  • Price
  • Service

  PROS

  +
  Add Field

  CONS

  +
  Add Field
  Choose Image
  Choose Video