BIG BREAKING: ਪੰਜਾਬ ਸਰਕਾਰ ਨੇ ਵਾਪਸ ਲਿਆ ਸੂਬੇ ਦੀਆਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ

0
14

ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹੁਣ ਵਿਰਾਮ ਲੱਗ ਚੁੱਕਾ ਹੈ। ਦਸ ਦਈਏ ਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਨੂੰ ਲੈਕੇ ਹਾਈਕੋਰਟ ਵਲੋਂ ਮੰਗੇ ਜਵਾਬ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਜਿਸ ਵਿਚ ਸਰਕਾਰ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਜ਼ਿਕਰ ਕਰ ਦਈਏ ਕਿ ਦੋ ਦਿਨ ਪਹਿਲਾਂ ਹੋਈ ਸੁਣਵਾਈ ਦੌਰਾਨ ਸਰਕਾਰ ਆਪਣਾ ਜਵਾਬ ਦਾਇਰ ਨਹੀਂ ਕਰ ਸਕੀ ਸੀ। ਜਿਸ ਤੋਂ ਬਾਅਦ ਅੱਜ ਸੁਣਵਾਈ ਦੀ ਤਰੀਕ ਰੱਖੀ ਗਈ ਸੀ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ‘ਆਪ’ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਹੈ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਸ ਅਧਿਕਾਰ ਨਾਲ ਲਿਆ ਗਿਆ। ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਬਿਨਾਂ ਕਿਸੇ ਕਾਰਨ ਦੇ ਹੱਕ ਖੋਹਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ ਹੈ?

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਨੂੰ ਲੋਕ ਹਿੱਤ ਵਿੱਚ ਕਿਹਾ ਗਿਆ ਸੀ ਪਰ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਬੇਇਨਸਾਫੀ ਕਰਾਰ ਦਿੱਤਾ ਗਿਆ ਸੀ।